:

ਨਹੀਂ ਬਖਸ਼ੇ ਜਾਣਗੇ ਸ਼ੁਭਕਰਨ ਦੇ ਕਾਤਲ, ਦਿੱਤੀ ਜਾਵੇਗੀ ਮਿਸਾਲੀ ਸਜ਼ਾ: ਸੀਐਮ ਮਾਨwww.samacharpunjab.com


ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜ਼ਿੰਮੇਵਾਰ ਲੋਕਾਂ ਦੇ ਖਿਲਾਫ਼ ਐਫ.ਆਈ.ਆਰ. ਦਰਜ ਕੀਤੀ ਜਾਵੇਗੀ ਅਤੇ ਇਨ੍ਹਾਂ ਲੋਕਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਇਸ ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੇ ਆਪਹੁਦਰੇਪਣ ਦਾ ਨਤੀਜਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤਾਂ ਆਪਣੇ ਪੱਧਰ ਉਤੇ ਪੂਰੀ ਵਾਹ ਲਾ ਦਿੱਤੀ ਤਾਂ ਕਿ ਸਾਡੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਗੋਲੀਆਂ, ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲੇ ਅਤੇ ਹੋਰ ਕਾਰਵਾਈ ਦਾ ਸਾਹਮਣਾ ਨਾ ਕਰਨਾ ਪਵੇ। ਮੈਂ ਤਾਂ ਕਿਸਾਨਾਂ ਅਤੇ ਕੇਂਦਰ ਦਰਮਿਆਨ ਪੁਲ ਦਾ ਕੰਮ ਕੀਤਾ ਤਾਂ ਕਿ ਗੱਲ ਕਿਸੇ ਤਣ-ਪੱਤਣ ਲੱਗ ਸਕੇ ਪਰ ਬਦਕਿਸਮਤੀ ਨਾਲ ਗੱਲ ਸਿਰੇ ਨਹੀਂ ਚੜ੍ਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਲਟਾ ਹਰਿਆਣਾ ਨੇ ਕੰਡਿਆਲੀ ਤਾਰਾਂ ਨਾਲ ਕਿਸਾਨਾਂ ਦਾ ਰਾਹ ਰੋਕਿਆ ਹੋਇਆ ਹੈ।ਕਿਸਾਨ ਆਪਣੀ ਕੌਮੀ ਰਾਜਧਾਨੀ ਜਾ ਕੇ ਸ਼ਾਂਤਮਈ ਵਿਰੋਧ ਦਰਜ ਕਰਵਾਉਣਾ ਚਾਹੁੰਦੇ ਸਨ ਪਰ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਜ਼ਬਰਦਸਤੀ ਰੋਕ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਕੌਮੀ ਰਾਜਧਾਨੀ ਵਿੱਚ ਕਿਸਾਨਾਂ ਨੂੰ ਉਨ੍ਹਾਂ ਦੇ ਰੋਸ ਪ੍ਰਦਰਸ਼ਨ ਲਈ ਕੁਝ ਜਗ੍ਹਾ ਅਲਾਟ ਕਰਨੀ ਚਾਹੀਦੀ ਸੀ ਪਰ ਇਸ ਦੀ ਬਜਾਏ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਿਆ ਅਤੇ ਉਨ੍ਹਾਂ 'ਤੇ ਤਾਕਤ ਦੀ ਵਰਤੋਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਕਿੰਨੀ ਦੁੱਖ ਦੀ ਗੱਲ ਹੈ ਕਿ ਆਜ਼ਾਦੀ ਸੰਘਰਸ਼ ਦੌਰਾਨ ਦੇਸ਼ ਲਈ 90 ਫੀਸਦੀ ਤੋਂ ਵੱਧ ਕੁਰਬਾਨੀਆਂ ਕਰਨ ਵਾਲੇ ਪੰਜਾਬੀਆਂ ਨੂੰ ਆਪਣੇ ਹੀ ਦੇਸ਼ ਦੀ ਰਾਜਧਾਨੀ ਵਿੱਚ ਨਹੀਂ ਜਾਣ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਸੁਣਨ ਦੀ ਬਜਾਏ ਉਨ੍ਹਾਂ ਦੀਆਂ ਹੱਕੀ ਮੰਗਾਂ ਤੋਂ ਪਾਸਾ ਵੱਟ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਅਤੇ ਕਿਸਾਨਾਂ ਵਿਚਾਲੇ ਆਖਰੀ ਮੀਟਿੰਗ 22 ਜਨਵਰੀ 2021 ਨੂੰ ਹੋਈ ਸੀ ਅਤੇ ਤਿੰਨ ਸਾਲਾਂ ਤੋਂ ਕੇਂਦਰ ਕਿਸਾਨਾਂ ਦੀਆਂ ਮੰਗਾਂ ਨੇ ਪਿੱਛੇ ਹਟ ਗਿਆ ਸੀ।

#shubhkaran_singh

#farmer

#bhagwantmaan