ਪਰਾਲੀ ਪ੍ਰਬੰਧਨ ਮੁਹਿੰਮ: ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ, ਡਿਪਟੀ ਕਮਿਸ਼ਨਰ
- Admin Default
- 16 Sep, 2024 08:16
ਪਰਾਲੀ ਪ੍ਰਬੰਧਨ ਮੁਹਿੰਮ: ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ, ਡਿਪਟੀ ਕਮਿਸ਼ਨਰ
* ਸੀਨੀਅਰ ਅਧਿਕਾਰੀਆਂ ਵਲੋਂ ਕਿਸਾਨਾਂ ਨਾਲ ਬਣਾਇਆ ਜਾ ਰਿਹੈ ਰਾਬਤਾ
* ਕਿਸਾਨਾਂ ਨੂੰ ਲੋੜੀਂਦੀ ਮਸ਼ਨੀਰੀ ਅਤੇ ਪ੍ਰਬੰਧਨ ਦੇ ਤਰੀਕਿਆਂ ਬਾਰੇ ਕੀਤਾ ਜਾ ਰਿਹਾ ਜਾਗਰੂਕ
ਬਰਨਾਲਾ
ਜ਼ਿਲ੍ਹਾ ਬਰਨਾਲਾ ਵਿੱਚ ਇਸ ਵਾਰ ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿੱਢੀ ਮੁਹਿੰਮ ਤਹਿਤ ਸੀਨੀਅਰ ਅਧਿਕਾਰੀਆਂ, ਕਲੱਸਟਰ ਅਫ਼ਸਰਾਂ ਵਲੋਂ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।
ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਸਫਲ ਬਣਾਉਣ ਲਈ ਹਾਟ ਸਪਾਟ ਪਿੰਡਾਂ ਦੀ ਪਛਾਣ ਕਰਕੇ ਸੀਨੀਅਰ ਸਿਵਲ ਤੇ ਪੁਲਿਸ ਅਧਿਕਾਰੀਆਂ ਵਲੋਂ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਲੱਸਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ, ਜੋ ਕਿ ਪਿੰਡਾਂ ਵਿੱਚ ਕਿਸਾਨਾਂ ਨਾਲ ਰਾਬਤਾ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਲਈ ਅਪਲਾਈ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਖੇਤੀਬਾੜੀ ਮਾਹਿਰਾਂ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਜ਼ਮੀਨ ਵਿਚ ਮਿਲਾਉਣ ਅਤੇ ਗੱਠਾਂ ਬਣਾਉਣ ਆਦਿ ਵਾਸਤੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਟੀਮਾਂ ਵਲੋਂ ਪਿੰਡ ਪਿੰਡ ਕੈਂਪ ਲਗਾ ਕੇ ਅਤੇ ਨੁੱਕੜ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਨਿਬੇੜੇ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਾਰ ਬਰਨਾਲਾ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਨਾ ਆਉਣ। ਇਸ ਤੋਂ ਇਲਾਵਾ ਕਿਸਾਨਾਂ ਤੋਂ ਇਲਾਵਾ ਆੜਤੀਆਂ ਤੱਕ ਵੀ ਪਹੁੰਚ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕਿਸਾਨ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰਕੇ ਮਸ਼ੀਨਰੀ ਲਈ ਅਪਲਾਈ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲ੍ਹੋਂ ਸਹਿਕਾਰੀ ਸਭਾਵਾਂ ਵਿੱਚ ਵੀ ਢੁਕਵੀਂ ਮਸ਼ੀਨਰੀ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਨਾ ਆਵੇ।







