:

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਚੈਕਿੰਗ ਦੌਰਾਨ 6 ਸਕੂਲੀ ਬੱਸਾਂ ਦੇ ਕੱਟੇ ਚਲਾਨ


  • ਸੇਫ ਸਕੂਲ ਵਾਹਨ ਪਾਲਿਸੀ ਤਹਿਤ ਚੈਕਿੰਗ ਦੌਰਾਨ 6 ਸਕੂਲੀ ਬੱਸਾਂ ਦੇ ਕੱਟੇ ਚਲਾਨ   

    ਨਵਾਂਸ਼ਹਿਰ

    - ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਬਣੀ ਟੀਮ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਨਵਾਂਸ਼ਹਿਰ ਵਿਖੇ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿਚ ਆਸਾਨੰਦ ਆਰੀਆ ਸਕੂਲ, ਜੇ.ਐਸ.ਐਫ.ਐਚ ਖ਼ਾਲਸਾ ਸਕੂਲ, ਦੁਆਬਾ ਸਿੱਖ ਨੈਸ਼ਨਲ ਸਕੂਲ,  ਡੇਰਿਕ ਪਬਲਿਕ ਸਕੂਲ ਅਤੇ ਕੈਂਬ੍ਰਿਜ ਪਬਲਿਕ ਸਕੂਲ ਆਦਿ ਦੀਆਂ ਬੱਸਾਂ ਸ਼ਾਮਲ ਸਨ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਤਕਰੀਬਨ 10 ਸਕੂਲਾਂ ਦੀਆਂ ਕੁੱਲ 30 ਸਕੂਲੀ ਬੱਸਾਂ ਦੇ ਦਸਤਾਵੇਜ਼ ਚੈੱਕ ਕੀਤੇ ਗਏ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਵਾਲੀਆਂ 6 ਸਕੂਲੀ ਬੱਸਾਂ ਦੇ ਚਲਾਨ ਵੀ ਕੀਤੇ ਗਏ। ਇਸ ਮੌਕੇ  ਟੀਮ ਵਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵਾਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਬਣਦੀ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ। 

    ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਮੇ-ਸਮੇ 'ਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਵਾਹਨਾ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ, ਜਿਵੇ ਕਿ ਸੀ.ਸੀ ਟੀ. ਵੀ ਕੈਮਰਾ, ਖਿੜਕੀ 'ਤੇ ਲੋਹੇ ਦੀ ਗਰਿੱਲ,  ਫਸਟ ਏਡ ਬਾਕਸ, ਲੇਡੀ ਕੰਡਕਟਰ, ਬਸ ਡਰਾਈਵਰ ਦਾ ਸਕੂਲ ਯੂਨੀਫ਼ਾਰਮ ਵਿਚ ਹੋਣਾ, ਸੀਟ ਬੈਲਟ ਲਗਾਉਣਾ, ਸਮਰੱਥਾ ਤੋਂ ਵੱਧ ਬੱਚੇ ਸਕੂਲ ਬੱਸ ਵਿਚ ਨਾ ਬਿਠਾਉਣਾ, ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋ ਇਲਾਵਾ ਸਕੂਲ ਵਾਹਨਾਂ ਦੇ ਡਰਾਈਵਰਾਂ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਚੰਗੀ ਸੁਰੱਖਿਆ ਦੁਆਰਾ ਹੀ ਉਨ੍ਹਾਂ ਦੇ ਚੰਗੇ ਭਵਿੱਖ ਦੀ ਆਸ ਕੀਤੀ ਜਾ ਸਕਦੀ ਹੈ। 

    ਉਨ੍ਹਾਂ ਆਮ ਜਨਤਾ ਨੂੰ ਅਪੀਲ ਵੀ ਕੀਤੀ ਕਿ ਆਪਣੇ ਬੱਚਿਆਂ ਨੂੰ ਸਕੂਲੀ ਬੱਸਾਂ ਵਿਚ ਭੇਜਣ ਤੋਂ ਪਹਿਲਾਂ ਬੱਸਾਂ ਦਾ ਜਾਇਜ਼ਾ ਜਰੂਰ ਲੈਣ ਤਾਂ ਜੋ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਸਕਣ।  ਇਸਦੇ ਨਾਲ ਹੀ ਰਮਨਦੀਪ ਸਿੰਘ ਏ.ਟੀ.ਓ ਵੱਲੋਂ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਚਿਤਾਵਨੀ ਦਿੱਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ 'ਤੇ ਬੱਸਾਂ ਨੂੰ ਬੰਦ ਕਰਨ ਜਾਂ ਚਲਾਨ ਕੱਟਣ 'ਤੇ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਡਰਾਈਵਰ, ਬੱਸਾਂ ਨੂੰ ਰੋਡ 'ਤੇ ਲਿਆਉਣ ਤੋਂ ਪਹਿਲਾਂ ਆਪਣੇ  ਅਤੇ ਆਪਣੀਆਂ ਬੱਸਾਂ ਦੇ ਦਸਤਾਵੇਜ਼ ਦਰੁਸਤ ਕਰ ਲੈਣ। ਇਸ ਮੌਕੇ  ਰਜਿੰਦਰ ਕੌਰ ਬਾਲ ਸੁਰੱਖਿਆ ਅਫ਼ਸਰ, ਸਿੱਖਿਆ ਵਿਭਾਗ ਤੋਂ ਪ੍ਰਿੰਸੀਪਲ ਸੁਰਿੰਦਰ ਅਗਨੀਹੋਤਰੀ, ਪੁਲਿਸ ਵਿਭਾਗ ਤੋਂ ਹਰਜੀਤ ਸਿੰਘ ਏ.ਐਸ.ਆਈ ਅਤੇ ਕਮਲਜੀਤ ਸਿੰਘ ਏ.ਐਸ.ਆਈ, ਸੰਤੋਸ਼ ਡੀਈਓ ਅਤੇ ਜਤਿੰਦਰ ਸਿੰਘ ਜੂਨੀਅਰ ਸਹਾਇਕ ਵੀ ਮੌਜੂਦ ਸਨ।


    Source babushahi