ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ, ਪੰਜ ਤਖਤ ਸਾਹਿਬਾਨਾਂ ਦੀ ਹਵਾਈ ਯਾਤਰਾ ਸ਼ੁਰੂ ਕਰਨ ਲਈ ਯਤਨ ਕਰਾਂਗੇ - ਸੰਧਵਾਂ
- Admin Default
- 26 Jan, 2025 21:11
ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ, ਪੰਜ ਤਖਤ ਸਾਹਿਬਾਨਾਂ ਦੀ ਹਵਾਈ ਯਾਤਰਾ ਸ਼ੁਰੂ ਕਰਨ ਲਈ ਯਤਨ ਕਰਾਂਗੇ - ਸੰਧਵਾਂ
• ਕੇਦਰ ਸਰਕਾਰ ਹੱਠ ਛੱਡ ਕੇ ਕਿਸਾਨਾਂ ਦੇ ਮਸਲੇ ਤੁਰੰਤ ਹੱਲ ਕਰੇ
- ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ 76ਵਾਂ ਗਣਤੰਤਰ ਦਿਵਸ ਧੂਮਧਾਨ ਨਾਲ ਮਨਾਇਆ ਗਿਆ
- ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਲਹਿਰਾਇਆ ਰਾਸ਼ਟਰੀ ਝੰਡਾ
- ਦੇਸ਼ ਭਗਤੀ , ਸੱਭਿਆਚਾਰਕ ਪ੍ਰੋਗਰਾਮ ਅਤੇ ਝਾਕੀਆਂ ਰਹੀਆਂ ਖਿੱਚ ਦਾ ਕੇਂਦਰ
- ਸ਼ਹੀਦਾਂ ਤੇ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਸਮੇਤ ਵੱਖ ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
ਚੰਡੀਗੜ੍ਹ/ਫ਼ਰੀਦਕੋਟ
- 76ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਾਰਤ ਨੂੰ ਆਪਣੇ ਮਹਾਨ ਯੋਧਿਆਂ ,ਸੂਰਬੀਰਾਂ ਦੀਆਂ ਕੁਰਬਾਨੀਆਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੰਘਰਸ਼ ਸਦਕਾ ਹੀ ਆਜ਼ਾਦੀ ਮਿਲੀ ਹੈ ਤੇ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਇਅ। ਭਾਰਤ ਨੂੰ ਦੁਨੀਆ ਦੀ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਪ੍ਰਾਪਤ ਹੈ।
ਉਨ੍ਹਾਂ ਕਿਹਾ ਕਿ ਮੈਂ ਇਸ ਮੌਕੇ ਆਪਣੇ ਮਹਾਨ ਸੂਰਬੀਰਾਂ, ਦੇਸ਼ ਭਗਤਾਂ ਨੂੰ ਨਤਮਸਤਕ ਹੁੰਦਾ ਹੋਇਆ ਪੰਜਾਬ ਤੇ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਦੀ ਕਾਮਨਾ ਕਰਦਾ ਹਾਂ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਸਰਬਪੱਖੀ ਵਿਕਾਸ ਤੇ ਤਰੱਕੀ ਲਈ ਵਚਨਬੱਧ ਹੈ ਤੇ ਪਿਛਲੇ ਤਿੰਨ ਸਾਲਾਂ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਦੇ ਹਿੱਤ,ਤਰੱਕੀ ਅਤੇ ਵਿਕਾਸ ਲਈ ਇਤਿਹਾਸਿਕ ਫੈਸਲੇ ਲਏ ਗਏ ਹਨ ।
ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਗੁਰੂਆਂ ਤੇ ਪੀਰਾਂ ਦੀ ਧਰਤੀ ਹੈ ਤੇ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ ਪੰਜ ਤਖਤ ਸਾਹਿਬਾਨਾਂ ਦੀ ਹਵਾਈ ਯਾਤਰਾ ਸ਼ੁਰੂ ਕਰਨ ਦੀ ਚਾਹਵਾਨ ਹੈ । ਇਸ ਨਾਲ ਦੇਸ਼ ਤੇ ਵਿਦੇਸ਼ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ।ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੀ ਸਿਹਤ ਇਲਾਜ ਲਈ ਪੰਜਾਬ ਸਰਕਾਰ ਏਅਰ ਐਂਬੂਲੈਂਸ ਸੇਵਾ ਵੀ ਸ਼ੁਰੂ ਕਰੇਗੀ।
ਸ. ਸੰਧਵਾਂ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਆਪਣਾ ਹੱਠ ਛੱਡ ਕੇ ਰਾਜ ਦੇ ਕਿਸਾਨਾਂ ਦੇ ਮਸਲੇ ਤੁਰੰਤ ਹੱਲ ਕਰੇ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਸੰਘਰਸ਼ ਲਈ ਮਜਬੂਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਜਿੱਥੇ ਦੇਸ਼ ਦੀ ਖੜਗ ਭੁਜਾ ਹੈ ਉਥੇ ਦੇਸ਼ ਨੂੰ ਅਨਾਜ ਦੇ ਖੇਤਰ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਵੱਡਾ ਯੋਗਦਾਨ ਦੇ ਰਿਹਾ ਹੈ।
Source babushahi







