ਲੋਕਾਂ ਦੀ ਮੰਗ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ਦੇ ਬਜ਼ਾਰਾਂ ਵਿਚੋਂ ਨਜਾਇਜ਼ ਕਬਜ਼ੇ ਹਟਾਏ
- Admin Default
- 29 Jan, 2025 08:46
ਲੋਕਾਂ ਦੀ ਮੰਗ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ਦੇ ਬਜ਼ਾਰਾਂ ਵਿਚੋਂ ਨਜਾਇਜ਼ ਕਬਜ਼ੇ ਹਟਾਏ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰਾਂ ਦੇ ਬਜ਼ਾਰਾਂ ਵਿਚੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ - ਏ.ਡੀ.ਸੀ.
ਗੁਰਦਾਸਪੁਰ
: ਲੋਕਾਂ ਦੀ ਮੰਗ ਅਤੇ ਸਹੂਲਤ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਵੇਰੇ ਇੱਕ ਵਿਸ਼ੇਸ਼ ਮੁਹਿੰਮ ਚਲਾ ਕੇ ਗੁਰਦਾਸਪੁਰ ਸ਼ਹਿਰ ਦੇ ਬਜ਼ਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਰਜਿੰਦਰ ਸਿੰਘ ਬੇਦੀ ਦੀ ਅਗਵਾਈ ਹੇਠ ਨਗਰ ਕੌਂਸਲ ਗੁਰਦਾਸਪੁਰ ਦੇ ਈ.ਓ. ਭੁਪਿੰਦਰ ਸਿੰਘ ਅਤੇ ਕੌਂਸਲ ਦੀ ਟੀਮ ਵੱਲੋਂ ਅੱਜ ਸਵੇਰੇ ਤੜਕੇ ਮੱਛੀ ਮਾਰਕਿਟ, ਬਾਟਾ ਚੌਂਕ, ਜੇਲ੍ਹ ਰੋਡ, ਡਾਕਖ਼ਾਨਾ ਚੌਂਕ ਤੋਂ ਜਹਾਜ਼ ਚੌਂਕ ਤੱਕ ਬਜ਼ਾਰਾਂ ਵਿੱਚ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਕਾਰਵਾਈ ਕੀਤੀ ਗਈ। ਨਗਰ ਕੌਂਸਲ ਦੀ ਟੀਮ ਵੱਲੋਂ ਨਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਦੌਰਾਨ ਦੁਕਾਨਾਂ ਦੇ ਅੱਗੇ ਨਜਾਇਜ਼ ਪਾਏ ਵਾਧੇ ਅਤੇ ਰੋਕਾਂ ਨੂੰ ਹਟਾਇਆ ਗਿਆ।
ਗੁਰਦਾਸਪੁਰ ਸ਼ਹਿਰ ਦੇ ਬਜ਼ਾਰਾਂ ਵਿਚੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸ਼ਹਿਰ ਦੇ ਬਜ਼ਾਰਾਂ ਵਿੱਚ ਕੁਝ ਦੁਕਾਨਦਾਰਾਂ ਵੱਲੋਂ ਨਜਾਇਜ਼ ਕਬਜ਼ੇ ਕਰਨ ਕਰਕੇ ਬਜ਼ਾਰ ਬੇਹੱਦ ਭੀੜੇ ਹੋ ਗਏ ਹਨ ਅਤੇ ਲੋਕਾਂ ਦਾ ਓਥੋਂ ਲੰਘਣਾ ਬਹੁਤ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਨਜਾਇਜ਼ ਕਬਜ਼ਿਆਂ ਕਾਰਨ ਅਕਸਰ ਹੀ ਬਜ਼ਾਰਾਂ ਵਿੱਚ ਟਰੈਫ਼ਿਕ ਜਾਮ ਲੱਗੇ ਰਹਿੰਦੇ ਹਨ ਅਤੇ ਸਕੂਲੀ ਬੱਚਿਆਂ ਅਤੇ ਕਈ ਵਾਰ ਐਂਬੂਲੈਂਸ ਵੀ ਇਸ ਜਾਮ ਵਿੱਚ ਫਸ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮੰਗ ਅਤੇ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਨਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਕੀਤੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤੋਂ ਪਹਿਲਾਂ ਦੁਕਾਨਦਾਰਾਂ ਨੂੰ ਕਈ ਵਾਰ ਬੇਨਤੀ ਕੀਤੀ ਗਈ ਸੀ ਕਿ ਉਹ ਖ਼ੁਦ ਹੀ ਆਪਣੀਆਂ ਦੁਕਾਨਾਂ ਅੱਗੋਂ ਨਜਾਇਜ਼ ਕਬਜ਼ੇ ਹਟਾ ਲੈਣ। ਉਨ੍ਹਾਂ ਕਿਹਾ ਕਿ ਕੁਝ ਦੁਕਾਨਦਾਰਾਂ ਨੇ ਆਪਣੀ ਜ਼ਿੰਮੇਵਾਰੀ ਸਮਝਦਿਆਂ ਕਬਜ਼ੇ ਹਟਾਏ ਵੀ ਸਨ ਪਰ ਫਿਰ ਵੀ ਕੁਝ ਅਜਿਹੇ ਦੁਕਾਨਦਾਰ ਸਨ ਜੋ ਵਾਰ-ਵਾਰ ਅਪੀਲ ਕਰਨ ਦੇ ਬਾਵਜੂਦ ਵੀ ਆਪਣੇ ਕਬਜ਼ੇ ਨਹੀਂ ਹਟਾ ਰਹੇ ਸਨ। ਉਨ੍ਹਾਂ ਕਿਹਾ ਕਿ ਆਖ਼ਰ ਲੋਕ ਹਿਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਬਜ਼ੇ ਹਟਾਉਣ ਦੀ ਇਹ ਕਾਰਵਾਈ ਕਰਨੀ ਪਈ ਹੈ।
Source babushahi







