:

ਮਾਲੇਰਕੋਟਲਾ ਵਿੱਚ ਨਾੜ ਸਾੜਨ ਵਾਲੇ 14 ਕਿਸਾਨਾਂ ਖ਼ਿਲਾਫ਼ ਕੇਸ ਦਰਜ


ਮਾਲੇਰਕੋਟਲਾ ਵਿੱਚ ਨਾੜ ਸਾੜਨ ਵਾਲੇ 14 ਕਿਸਾਨਾਂ ਖ਼ਿਲਾਫ਼ ਕੇਸ ਦਰਜ

ਮਾਲੇਰਕੋਟਲਾ

ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐੱਸ ਤਿੜਕੇ ਮੁਤਾਬਿਕ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਪਹਿਲੀ ਅਪਰੈਲ ਤੋਂ ਸੈਟੇਲਾਈਟ ਰਾਹੀਂ 33 ਅੱਗ ਲਗਾਉਣ ਦੀਆਂ ਦਰਜ ਹੋਈਆਂ ਘਟਨਾਵਾਂ ਵਿੱਚੋਂ 14 ਸਥਾਨਾਂ ’ਤੇ ਅੱਗ ਲੱਗਣ ਦੀ ਪੁਸ਼ਟੀ ਹੋਈ ਹੈ। ਅੱਗ ਲਾਉਣ ਵਾਲੇ 14 ਕਿਸਾਨਾਂ ਖ਼ਿਲਾਫ਼ ਐੱਨ ਜੀ ਟੀ ਦੇ ਨਿਯਮਾਂ ਅਨੁਸਾਰ ਚਲਾਨ ਕਰਕੇ ਐੱਫ ਆਈ ਆਰ ਦਰਜ ਕੀਤੀਆਂ ਗਈਆਂ ਹਨ ਅਤੇ ਮਾਲ ਰਿਕਾਰਡ ਵਿੱਚ ਲਾਲ ਐਂਟਰੀ ਵੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਗਗਨ ਅਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦੱਸਿਆ ਗਿਆ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਜ਼ਿਲ੍ਹੇ ਅੰਦਰ ‘ਜ਼ੀਰੋ ਸਟੱਬਲ ਬਰਨਿੰਗ’ ਦੇ ਨਿਰਧਾਰਤ ਟੀਚੇ ਨੂੰ ਪੂਰਾ ਕਰਨ ਲਈ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਪਹਿਲਾਂ ਹੀ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ। ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲਿਆ

ਅਮਰਗੜ੍ਹ (ਨਿੱਜੀ ਪੱਤਰ ਪ੍ਰੇਰਕ): ਪਿੰਡ ਬਾਗੜੀਆਂ ਵਿੱਚ ਸੈਟੇਲਾਈਟ ਰਾਹੀਂ ਦਰਜ ਕਣਕ ਦੀ ਨਾੜ ਨੂੰ ਅੱਗ ਲੱਗਣ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਅਤੇ ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ ਵੱਲੋਂ ਤੁਰੰਤ ਮੌਕੇ ’ਤੇ ਪਹੁੰਚ ਕੇ ਘਟਨਾ ਵਾਲੇ ਖੇਤਾਂ ਦਾ ਜਾਇਜ਼ਾ ਲਿਆ ਗਿਆ। ਮੁੱਢਲੀ ਜਾਂਚ ਦੌਰਾਨ ਅੱਗ ਲੱਗਣ ਦਾ ਸੰਭਾਵਿਤ ਕਾਰਨ ਤੇਜ਼ ਹਵਾਵਾਂ ਅਤੇ ਸ਼ਾਰਟ ਸਰਕਟ ਸਾਹਮਣੇ ਆਇਆ। ਇਸ ਮੌਕੇ ਐੱਸ ਡੀ ਐੱਮ ਹਰਬੰਸ ਸਿੰਘ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਦੱਸਿਆ ਕਿ ਕੌਮੀ ਗ੍ਰੀਨ ਟ੍ਰਿਬਿਊਨਲ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਨਾੜ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਪਾਬੰਦੀ ਲਾਗੂ ਹੈ।