ਕਚਹਿਰੀ ਚੌਕ ਨੇੜੇ ਖਾਲੀ ਪਲਾਟ 'ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ, ਸ਼ਨਾਖਤ ਲਈ ਸਿਟੀ ਪੁਲਿਸ ਵੱਲੋਂ ਜਾਂਚ ਸ਼ੁਰੂ
- Reporter 12
- 14 Jul, 2026 16:30
ਕਚਹਿਰੀ ਚੌਕ ਨੇੜੇ ਬਣੇ ਇੱਕ ਖਾਲੀ ਪਲਾਟ ਵਿੱਚੋਂ ਅੱਜ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਸਟੇਸ਼ਨ ਸਿਟੀ-2 ਦੇ ਮੁਖੀ ਇੰਸਪੈਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਕਚਹਿਰੀ ਚੌਕ ਦੇ ਕੋਲ ਇੱਕ ਖਾਲੀ ਪਲਾਟ ਵਿੱਚ ਇੱਕ ਨੌਜਵਾਨ ਦੀ ਲਾਸ਼ ਪਈ ਹੈ। ਸੂਚਨਾ ਮਿਲਣ 'ਤੇ ਪੁਲਿਸ ਪਾਰਟੀ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲਿਆ। ਮ੍ਰਿਤਕ ਕੋਲੋਂ ਅਜਿਹਾ ਕੋਈ ਵੀ ਦਸਤਾਵੇਜ਼ ਜਾਂ ਸਾਮਾਨ ਬਰਾਮਦ ਨਹੀਂ ਹੋਇਆ, ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਪੁਲਿਸ ਨੇ ਕਾਨੂੰਨੀ ਨਿਯਮਾਂ ਅਨੁਸਾਰ ਲਾਸ਼ ਨੂੰ ਪਛਾਣ ਲਈ ਸਿਵਲ ਹਸਪਤਾਲ ਬਰਨਾਲਾ ਦੇ ਮੁਰਦਾਘਰ (ਸ਼ਵ ਗ੍ਰਹਿ) ਵਿੱਚ ਸੁਰੱਖਿਅਤ ਰੱਖਵਾ ਦਿੱਤਾ ਹੈ ਤਾਂ ਜੋ ਉਸ ਦੀ ਸ਼ਨਾਖਤ ਕੀਤੀ ਜਾ ਸਕੇ। ਇੰਸਪੈਕਟਰ ਚਰਨਜੀਤ ਸਿੰਘ ਨੇ ਅੱਗੇ ਦੱਸਿਆ ਕਿ ਨੌਜਵਾਨ ਦੀ ਮੌਤ ਕਿਨ੍ਹਾਂ ਹਾਲਾਤਾਂ ਵਿੱਚ ਹੋਈ, ਇਸ ਦਾ ਅਸਲ ਕਾਰਨ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਪੁਲਿਸ ਵੱਲੋਂ ਨਿਯਮਾਂ ਅਨੁਸਾਰ ਅਗਲੇਰੀ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗਣ 'ਤੇ ਕਾਨੂੰਨ ਮੁਤਾਬਕ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਕੋਲ ਇਸ ਨੌਜਵਾਨ ਬਾਰੇ ਕੋਈ ਜਾਣਕਾਰੀ ਜਾਂ ਸੁਰਾਗ ਹੋਵੇ, ਤਾਂ ਉਹ ਤੁਰੰਤ ਸਿਟੀ ਪੁਲਿਸ ਸਟੇਸ਼ਨ-2 ਨਾਲ ਸੰਪਰਕ ਕਰਕੇ ਪੁਲਿਸ ਦਾ ਸਹਿਯੋਗ ਕਰੇ ਤਾਂ ਜੋ ਮ੍ਰਿਤਕ ਦੇ ਵਾਰਸਾਂ ਦਾ ਪਤਾ ਲਗਾਇਆ ਜਾ ਸਕੇ।ਕਚਹਿਰੀ ਚੌਕ ਨੇੜੇ ਖਾਲੀ ਪਲਾਟ 'ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ, ਸ਼ਨਾਖਤ ਲਈ ਸਿਟੀ ਪੁਲਿਸ ਵੱਲੋਂ ਜਾਂਚ ਸ਼ੁਰੂ
ਬਰਨਾਲਾ
ਪੋਸਟਮਾਰਟਮ ਦੀ ਰਿਪੋਰਟ ਤੋਂ ਸਾਫ਼ ਹੋਵੇਗਾ ਮੌਤ ਦਾ ਕਾਰਨ, ਪੁਲਿਸ ਵੱਲੋਂ ਲੋਕਾਂ ਨੂੰ ਸਹਿਯੋਗ ਦੀ ਅਪੀਲ







