ਨਸ਼ਾ ਤਸਕਰਾਂ 'ਤੇ ਬਰਨਾਲਾ ਪੁਲਿਸ ਦਾ ਵੱਡਾ ਸ਼ਿਕੰਜਾ: 20 ਕਿੱਲੋ ਅਫ਼ੀਮ ਤੇ ਟਰੱਕ ਸਮੇਤ ਜਲੰਧਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆ ਕੇ ਪੰਜਾਬ 'ਚ ਕਰਦਾ ਸੀ ਸਪਲਾਈ
- Reporter 12
- 02 Nov, 2026 15:22
ਨਸ਼ਾ ਤਸਕਰਾਂ 'ਤੇ ਬਰਨਾਲਾ ਪੁਲਿਸ ਦਾ ਵੱਡਾ ਸ਼ਿਕੰਜਾ: 20 ਕਿੱਲੋ ਅਫ਼ੀਮ ਤੇ ਟਰੱਕ ਸਮੇਤ ਜਲੰਧਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆ ਕੇ ਪੰਜਾਬ 'ਚ ਕਰਦਾ ਸੀ ਸਪਲਾਈ
ਬਰਨਾਲਾ
ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ 20 ਕਿੱਲੋਗ੍ਰਾਮ ਅਫ਼ੀਮ ਸਮੇਤ ਇੱਕ ਅੰਤਰਰਾਜੀ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਤਸਕਰੀ ਲਈ ਵਰਤਿਆ ਜਾ ਰਿਹਾ ਟਰੱਕ ਵੀ ਜ਼ਬਤ ਕਰ ਲਿਆ ਹੈ।
ਮਾਮਲੇ ਦਾ ਖੁਲਾਸਾ ਕਰਦਿਆਂ ਐਸਪੀ (ਡੀ) ਬਾਲ ਕ੍ਰਿਸ਼ਨ ਸਿੰਗਲਾ, ਐਸਪੀ ਸੰਜੀਵ ਗੋਇਲ ਅਤੇ ਡੀਐਸਪੀ ਰਜਿੰਦਰ ਪਾਲ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਬਾਹਰਲੇ ਰਾਜਾਂ ਤੋਂ ਭਾਰੀ ਮਾਤਰਾ ਵਿੱਚ ਅਫ਼ੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰਦਾ ਹੈ। ਇਸ ਸੂਚਨਾ ਦੇ ਆਧਾਰ 'ਤੇ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਮੋਗਾ ਰੋਡ ਨੇੜੇ ਵਿਸ਼ੇਸ਼ ਨਾਕਾਬੰਦੀ ਕੀਤੀ। ਇਸ ਦੌਰਾਨ ਸ਼ੱਕੀ ਟਰੱਕ ਨੂੰ ਰੋਕ ਕੇ ਜਦੋਂ ਉਸਦੀ ਤਲਾਸ਼ੀ ਲਈ ਗਈ, ਤਾਂ ਉਸ ਵਿੱਚੋਂ 20 ਕਿੱਲੋ ਅਫ਼ੀਮ ਬਰਾਮਦ ਹੋਈ।
ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਟਰੱਕ ਚਾਲਕ ਮੰਗਲ ਰਾਮ ਵਾਸੀ ਜ਼ਿਲ੍ਹਾ ਜਲੰਧਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਅਤੇ ਟਰੱਕ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਹੈ ਕਿ ਉਹ ਇਹ ਅਫ਼ੀਮ ਮੱਧ ਪ੍ਰਦੇਸ਼ ਤੋਂ ਸਸਤੇ ਭਾਅ ਖ਼ਰੀਦ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮਹਿੰਗੇ ਮੁੱਲ 'ਤੇ ਸਪਲਾਈ ਕਰਦਾ ਸੀ।
ਅਧਿਕਾਰੀਆਂ ਨੇ ਕਿਹਾ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਇਸ ਪੂਰੇ ਸਪਲਾਈ ਨੈੱਟਵਰਕ ਦੀਆਂ ਕੜੀਆਂ ਜੋੜਨ ਵਿੱਚ ਲੱਗੀ ਹੋਈ ਹੈ ਕਿ ਇਹ ਅਫ਼ੀਮ ਪੰਜਾਬ ਵਿੱਚ ਕਿਨ੍ਹਾਂ-ਕਿਨ੍ਹਾਂ ਤਸਕਰਾਂ ਤੱਕ ਪਹੁੰਚਾਈ ਜਾਣੀ ਸੀ। ਪੁਲਿਸ ਦਾ ਦਾਅਵਾ ਹੈ ਕਿ ਇਸ ਗਰੋਹ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਕਰਕੇ ਪੂਰੇ ਨੈੱਟਵਰਕ ਨੂੰ ਤੋੜਿਆ ਜਾਵੇਗਾ ਅਤੇ ਜਲਦ ਹੀ ਇਸ ਮਾਮਲੇ ਵਿੱਚ ਕਈ ਹੋਰ ਅਹਿਮ ਗ੍ਰਿਫ਼ਤਾਰੀਆਂ ਸੰਭਵ ਹਨ।







