ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ 29 ਨੂੰ
- Reporter 21
- 25 Aug, 2023 07:53
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ 29 ਨੂੰ
ਬਰਨਾਲਾ, 25 ਅਗਸਤ
ਸੂਬੇ ਦੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਵੱਲੋਂ ਵਿਦਿਆਰਥੀਆਂ ਦੀਆਂ ਸਾਹਿਤਕ ਰੁਚੀਆਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਉਪਰਾਲਿਆਂ ਤਹਿਤ ਹੀ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਸਕੂਲੀ ਵਿਦਿਆਰਥੀਆਂ ਦੇ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ 29 ਅਗਸਤ ਦਿਨ ਮੰਗਲਵਾਰ ਨੂੰ ਵਾਈ.ਐੱਸ.ਜੈਨਐਕਸਟ ਸਕੂਲ ਸੰਘੇੜਾ ਰੋਡ ਬਰਨਾਲਾ ਵਿਖੇ ਸਵੇਰੇ 9.00 ਵਜੇ ਕਰਵਾਏ ਜਾ ਰਹੇ ਹਨ। ਸਵੇਰੇ 8.00 ਵਜੇ ਤੋਂ 8.45 ਤੱਕ ਮੁਕਾਬਲੇ ਵਾਲੇ ਦਿਨ ਮੁਕਾਬਲਾ ਸਥਾਨ 'ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਨਿਰਧਾਰਤ ਸਮਾਂ ਸੀਮਾ ਦੌਰਾਨ ਨਾਮਜ਼ਦਗੀਆਂ ਭੇਜਣ ਵਾਲੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ।
ਜਾਣਕਾਰੀ ਦਿੰਦਿਆਂ ਬਿੰਦਰ ਸਿੰਘ ਖੁੱਡੀ ਕਲਾਂ ਖੋਜ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਕੂਲੀ ਵਿਦਿਅਥਰਥੀਆਂ ਦੇ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲਿਆਂ ਦੌਰਾਨ ਕਵਿਤਾ,ਲੇਖ ਅਤੇ ਕਹਾਣੀ ਲਿਖਣ ਮੁਕਾਬਲਿਆਂ ਦੇ ਨਾਲ ਨਾਲ ਕਵਿਤਾ ਗਾਇਨ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਮੁਕਾਬਲਿਆਂ ਵਿੱਚ ਨਿਰਧਾਰਤ ਸਮਾਂ ਸੀਮਾਂ ਦੌਰਾਨ ਨਾਮਜ਼ਦਗੀਆਂ ਭੇਜਣ ਵਾਲੇ ਸਕੂਲਾਂ ਦੇ ਵਿਦਿਆਰਥੀ ਹੀ ਭਾਗ ਲੈ ਸਕਣਗੇ।ਉਹਨਾਂ ਦੱਸਿਆ ਕਿ ਕਵਿਤਾ ਗਾਇਨ ਲਈ ਵਿਦਿਆਰਥੀ ਨੂੰ ਘੱਟ ਤੋਂ ਘੱਟ ਤਿੰਨ ਮਿੰਟ ਅਤੇ ਵੱਧ ਤੋਂ ਵੱਧ ਪੰਜ ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਮੁਕਾਬਲਿਆਂ ਬਾਰੇ ਵਿਸਥਾਰਤ ਹਦਾਇਤਾਂ ਪਹਿਲਾਂ ਹੀ ਸਮੂਹ ਸਕੂਲਾਂ ਨੂੰ ਭੇਜੀਆਂ ਜਾ ਚੁੱਕੀਆਂ ਹਨ ਅਤੇ ਕਵਿਤਾ ਗਾਇਨ ਵਾਲੇ ਵਿਦਿਆਰਥੀਆਂ ਨੂੰ ਹਦਾਇਤਾਂ ਵਿੱਚ ਦਰਜ਼ ਕਵੀਆਂ ਦੀਆਂ ਕਵਿਤਾਵਾਂ ਵਿੱਚੋਂ ਹੀ ਕਵਿਤਾ ਦਾ ਗਾਇਨ ਕਰਨਾ ਲਾਜ਼ਮੀ ਹੋਵੇਗਾ।ਮੁਕਾਬਲਿਆਂ ਦੇ ਨਿਰਣੇ ਲਈ ਲਗਾਏ ਜੱਜਾਂ ਦਾ ਫੈਸਲਾਂ ਅੰਤਿਮ ਫੈਸਲਾ ਹੋਵੇਗਾ।ਉਹਨਾਂ ਅੱਗੇ ਦੱਸਿਆ ਕਿ ਹਰ ਮੁਕਾਬਲੇ ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਵੱਲੋਂ ਕ੍ਰਮਵਾਰ 1000/-,750/- ਅਤੇ 500/- ਰੁਪਏ ਦੀ ਨਕਦ ਰਾਸ਼ੀ ਅਤੇ ਪ੍ਰਸ਼ੰਸ਼ਾ ਪੱਤਰ ਨਾਲ ਸਨਮਾਨਿਤ ਕੀਤਾ ਜਾਵੇਗਾ।ਹਰ ਮੁਕਾਬਲੇ ਵਿੱਚੋਂ ਪਹਿਲੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਰਾਜ ਪੱਧਰੀ ਮੁਕਾਬਲੇ ਵਿੱਚ ਭਾਗ ਲੈਣਗੇ।