ਖੇਤੀਬਾੜੀ ਵਿਭਾਗ ਨੇ ਪਰਾਲੀ ਦੇ ਸੁਚੱਜੇ ਨਿਬੇੜੇ ਦਾ ਦਿੱਤਾ ਸੱਦਾ
- Reporter 12
- 22 Sep, 2023
ਖੇਤੀਬਾੜੀ ਵਿਭਾਗ ਨੇ ਪਰਾਲੀ ਦੇ ਸੁਚੱਜੇ ਨਿਬੇੜੇ ਦਾ ਦਿੱਤਾ ਸੱਦਾ
* ਪਿੰਡ ਲੋਹਗੜ੍ਹ ਅਤੇ ਹਰਦਾਸਪੁਰਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ
ਬਰਨਾਲਾ, 21 ਸਤੰਬਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿਖਲਾਈ ਅਫਸਰ ਬਰਨਾਲਾ ਡਾ. ਸਤਪਾਲ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ, ਮਹਿਲ ਕਲਾਂ ਡਾ. ਗੁਰਚਰਨ ਸਿੰਘ ਦੀ ਅਗਵਾਈ ਤਹਿਤ ਪਿੰਡ ਲੋਹਗੜ੍ਹ ਅਤੇ ਹਰਦਾਸਪੁਰਾ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ- ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਸਮੇਂ ਡਾ. ਸਤਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਅਸੀਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ ਹਾਂ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਮਾਰ ਰਹੇ ਹਾਂ। ਇਸ ਮੌਕੇ ਡਾਕਟਰ ਗੁਰਚਰਨ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਨਵੀਆਂ ਤਕਨੀਕਾਂ (ਹੈਪੀਸੀਡਰ, ਸੁਪਰਸੀਡਰ, ਸਰਫੇਸ ਸੀਡਰ ਆਦਿ) ਨਾਲ ਹੀ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਨਸਲਾਂ ਲਈ ਸ਼ੁੱਧ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਖੇਤ ਦੀ ਪਰਾਲੀ ਨੂੰ ਬੇਲਰ ਰਾਹੀਂ ਗੰਢਾਂ ਬਣਾ ਕੇ ਜਾਂ ਤੂੜੀ ਬਣਾ ਕੇ ਵਪਾਰੀਆਂ ਨੂੰ ਵੇਚ ਸਕਦੇ ਹਨ। ਜੇਕਰ ਅਸੀਂ ਪਿੰਡ ਪੱਧਰ ਤੋਂ ਹੀ ਅੱਗ ਨਾ ਲਗਾਉਣ ਦੇ ਉਪਰਾਲੇ ਸ਼ੁਰੂ ਕਰਾਂਗੇ ਤਾਂ ਹੀ ਸਾਡਾ ਸਾਰਾ ਪੰਜਾਬ ਪ੍ਰਦੂਸ਼ਣ ਮੁਕਤ ਹੋ ਸਕੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਸਿਫ਼ਾਰਸ਼ ਕੀਤੀਆਂ ਕਿਸਮਾਂ ਅਤੇ ਦਵਾਈਆਂ ਦਾ ਸੁਚੱਜਾ ਪ੍ਰਾਯੋਗ ਕੀਤਾ ਜਾਵੇ ਤਾਂ ਜੋ ਕਿਸਾਨ ਦੇ ਖੇਤੀ ਖਰਚੇ ਘਟ ਸਕਣ।
ਇਸ ਕੈਂਪ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਡਾ. ਅਮਨਦੀਪ ਕੌਰ ਨੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਜਾਣਕਾਰੀ ਦਿੱਤੀ ਅਤੇ ਖੇਤੀਬਾੜੀ ਯੂਨੀਵਰਿਸਟੀ ਵਲੋਂ ਸਿਫਾਰਸ਼ ਕੀਤੀਆਂ ਗਈਆਂ ਕਣਕ ਦੀਆਂ ਕਿਸਮਾਂ, ਖੁਰਾਕੀ ਤੱਤ, ਕੀੜੇ- ਮਕੌੜੇ ਅਤੇ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਕਣਕ ਦੇ ਮੁੱਖ ਦੁਸ਼ਮਣ ਗੁੱਲੀ ਡੰਡੇ ਅਤੇ ਉਸ ਦੀ ਰੋਕਥਾਮ ਲਈ ਸਿਫਾਰਸ਼ ਕੀਤੇ ਗਏ ਨਦੀਨ-ਨਾਸ਼ਕਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਇੰਜ. ਪਰਮਿੰਦਰ ਸਿੰਘ ਭੂਮੀ ਰੱਖਿਆ ਅਫਸਰ ਨੇ ਕਿਸਾਨਾਂ ਨੂੰ ਭੂਮੀ ਰੱਖਿਆ ਵਿਭਾਗ ਵੱਲੋ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਨਵਿੰਦਰਪਾਲ ਸਿੰਘ ਬਰਾੜ ਨੇ ਵਿਭਾਗ ਵੱਲੋਂ ਸੀ.ਆਰ. ਐੱਮ. ਸਕੀਮ ਅਧੀਨ ਕਿਸਾਨਾਂ ਨੂੰ ਸਬਸਿਡੀ ਉੱਪਰ ਪਰਾਲੀ ਸਾਂਭਣ ਵਾਲੀਆਂ ਵੱਖ- ਵੱਖ ਮਸ਼ੀਨਾਂ ਦਿੱਤੀਆਂ ਜਾਂਦੀਆਂ ਹਨ, ਜਿਨ੍ਹਾਂ ਦਾ ਕਿਸਾਨ ਭਰਪੂਰ ਲਾਭ ਲੈ ਸਕਦੇ ਹਨ। ਇਸ ਕੈਂਪ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਆਰ ਜੀ ਆਰ ਸੈਲ ਤੋਂ ਜਸ਼ਨਪ੍ਰੀਤ ਕੌਰ ਨੇ ਆਪਣੀ ਸਕੀਮ ਰਾਹੀਂ ਕਿਸਾਨਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਸ. ਯਾਦਵਿੰਦਰ ਸਿੰਘ ਤੁੰਗ ਖੇਤੀਬਾੜੀ ਵਿਸਥਾਰ ਅਫਸਰ ਨੇ ਸਟੇਜ ਦਾ ਸੰਚਾਲਣ ਕੀਤਾ। ਸ੍ਰੀ ਹਰਪਾਲ ਸਿੰਘ ਖੇਤੀਬਾੜੀ ਉਪ ਨਿਰੀਖਕ ਨੇ ਕਿਸਾਨਾਂ ਦਾ ਧੰਨਵਾਦ ਕੀਤਾ।ਇਸ ਕੈਂਪ ਦਾ ਪ੍ਰਬੰਧ ਸ੍ਰੀ ਕੁਲਵੀਰ ਸਿੰਘ ਏ.ਟੀ.ਐੱਮ., ਸ੍ਰੀ ਕੁਲਦੀਪ ਸਿੰਘ ਬੇਲਦਾਰ ਨੇ ਕੀਤਾ। ਇਸ ਮੌਕੇ ਪਰਾਲੀ ਦੀ ਸਾਂਭ ਕਰਨ ਵਾਲੇ ਕਿਸਾਨ ਸੁਰਿੰਦਰ ਸਿੰਘ, ਸਰਵਣ ਸਿੰਘ, ਅੰਮ੍ਰਿਤਪਾਲ ਸਿੰਘ, ਨਿੰਦਰਜੀਤ ਸਿੰਘ ਸੈਕਟਰੀ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਚਾਇਤ ਮੈਂਬਰ ਤੇ ਇਲਾਕੇ ਦੇ ਕਿਸਾਨ ਹਾਜ਼ਰ ਸਨ।