ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ ’ਤੇ ਦਿੱਤਾ ਜਾਵੇਗਾ ਜ਼ੋਰ
- Reporter 21
- 09 Aug, 2023 07:24
ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੇ ਪਰਾਲੀ ਪ੍ਰਬੰਧਨ ਲਈ ਅਗਾਊਂ ਰਣਨੀਤੀ ਉਲੀਕੀ
* ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ ’ਤੇ ਦਿੱਤਾ ਜਾਵੇਗਾ ਜ਼ੋਰ
* ਡਿਪਟੀ ਕਮਿਸ਼ਨਰ ਵਲੋਂ ਬੇਲਰ ਮਾਲਕਾਂ ਅਤੇ ਸਨਅਤਕਾਰਾਂ ਨਾਲ ਮੀਟਿੰਗ
ਬਰਨਾਲਾ, 9 ਅਗਸਤ
ਝੋਨੇ ਦੀ ਵਾਢੀ ਮਗਰੋਂ ਆਉਂਦੀ ਪਰਾਲੀ ਦੀ ਸਮੱਸਿਆ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਆਗਾਮੀ ਰਣਨੀਤੀ ਉਲੀਕਣ ਲਈ ਅੱਜ ਖੇਤੀਬਾੜੀ ਸਣੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਸਨਅਤੀ ਨੁਮਾਇੰਦਿਆਂ ਤੇ ਬੇਲਰ ਮਾਲਕਾਂ ਨਾਲ ਅਹਿਮ ਮੀਟਿੰਗ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀ ਸਮੱਸਿਆ ਵੱਧ ਆਉਂਦੀ ਹੈ ਜਿਸ ਕਾਰਣ ਪ੍ਰਦੂਸ਼ਣ ਹੁੰਦਾ ਹੈ, ਜਿਸ ਕਾਰਣ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਲਈ ਜ਼ਿਲ੍ਹਾ ਬਰਨਾਲਾ ਵਿੱਚ ਇਸ ਮਸਲੇ ਦੇ ਹੱਲ ਲਈ ਆਗਾਮੀ ਪ੍ਰਬੰਧ ਕੀਤੇ ਜਾ ਰਹੇ ਹਨ।
ਉਨ੍ਹਾਂ ਟਰਾਈਡੈਂਟ ਗਰੁੱਪ ਤੇ ਪੰਜਗਰਾਈ ਦੀ ਕੰਪਨੀ ਦੇ ਨੁਮਾਇੰਦਿਆਂ ਨੂੰ ਜ਼ਿਲ੍ਹਾ ਬਰਨਾਲਾ ਦੀ ਪਰਾਲੀ ਦੀਆਂ ਗੱਠਾਂ ਦੀ ਚੁਕਾਈ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ ਅਤੇ ਬੇਲਰ ਮਾਲਕਾਂ ਨੂੰ ਹੋਰ ਜ਼ਿਲਿ੍ਆਂ ਵਿੱਚ ਨਾ ਜਾਣਾ ਪਵੇ। ਉਨ੍ਹਾਂ ਖੇਤੀਬਾੜੀ ਅਧਿਕਾਰੀਆਂ ਨੂੰ ਬੇਲਰ ਮਾਲਕਾਂ ਦੇ ਵੇਰਵੇ ਲੈ ਕੇ ਸੂਚੀਆਂ ਬਣਾਉਣ ਦੀ ਹਦਾਇਤ ਕੀਤੀ ਤਾਂ ਜੋ ਉਨ੍ਹਾਂ ਨੂੰ ਪਿੰਡਵਾਰ ਕੰਮ ਦਿੱਤਾ ਜਾ ਸਕੇ। ਇਸ ਮੌਕੇ ਅਧਿਕਾਰੀਆਂ ਵੱਲੋਂ ਪਰਾਲੀ ਦੀਆਂ ਗੱਠਾਂ ਡੰਪ ਕਰਨ ਲਈ ਥਾਵਾਂ ਦੀ ਵੀ ਪਛਾਣ ਕੀਤੀ ਗਈ।
ਇਸ ਮੌਕੇ ਪਰਾਲੀ ਨੂੰ ਧਰਤੀ ਵਿੱਚ ਮਿਲਾ ਕੇ ਪ੍ਰਬੰਧਨ ਕਰਨ ਸਬੰਧੀ ਸਹਿਕਾਰਤਾ ਵਿਭਾਗ ਦੀ ਮਸ਼ੀਨਰੀ ਅਤੇ ਹੋਰ ਗਰੁੱਪਾਂ ਦੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਉਤੇ ਜ਼ੋਰ ਦਿੱਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸਤਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ, ਐਸਡੀਐਮ ਬਰਨਾਲਾ ਸ. ਗੋਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ