ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ
- Repoter 11
- 06 Oct, 2023 05:55
ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ
ਚਾਇਨਾ ਡੋਰ ਵੇਚਣ/ਖਰੀਦਣ, ਸਟੋਰ ਤੇ ਵਰਤੋਂ ਦੀ ਵੀ ਮਨਾਹੀ
ਬਰਨਾਲਾ, 6 ਅਕਤੂਬਰ
ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਗਊ-ਵੰਸ਼ ਦੀ ਬਿਨਾਂ ਕਿਸੇ ਦਸਤਾਵੇਜ਼ੀ ਸਬੂਤ ਦੇ ਢੋਆ-ਢੁਆਈ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾਂ ਗਊ ਵੰਸ਼ ਦੀ ਕਿਸੇ ਵੀ ਤਰਾਂ ਨਾਲ ਢੋਆ ਢੁਆਈ ’ਤੇ ਪੂਰਨ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਕੋਲੋਂ ਰਜਿਸਟਰਡ ਕਰਵਾਉਣ ਤਾਂ ਕਿ ਗਊਵੰਸ਼ ਨੂੰ ਲੈ ਕੇ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਇਕ ਹੋਰ ਹੁਕਮ ਤਹਿਤ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵੱਲੋਂ ਜ਼ਿਲ੍ਹੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਇਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ਖਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀ ਹੋਵੇਗੀ।
ਇਹ ਪਾਬੰਦੀਆਂ ਦੇ ਹੁਕਮ 28 ਨਵੰਬਰ 2023 ਤੱਕ ਲਾਗੂ ਰਹਿਣਗੇ।