ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਪਿੰਡ ਦੌਧਰ ਸ਼ਰਕੀ ਦੇ ਨੌਜਵਾਨ ਦੀ ਇਲਾਜ ਦੌਰਾਨ ਮੌਤ, ਇਲਾਕੇ ਵਿੱਚ ਸੋਗ ਦੀ ਲਹਿਰ
- Admin Default
- 05 Mar, 2026 17:09
ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਪਿੰਡ ਦੌਧਰ ਸ਼ਰਕੀ ਦੇ ਨੌਜਵਾਨ ਦੀ ਇਲਾਜ ਦੌਰਾਨ ਮੌਤ, ਇਲਾਕੇ ਵਿੱਚ ਸੋਗ ਦੀ ਲਹਿਰ
ਮੋਗਾ
ਮੋਗਾ ਜ਼ਿਲ੍ਹੇ ਵਿੱਚ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕਰੀਬ ਡੇਢ ਮਹੀਨਾ ਪਹਿਲਾਂ ਇੱਕ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਮਨਦੀਪ ਸਿੰਘ, ਨਿਵਾਸੀ ਪਿੰਡ ਦੌਧਰ ਸ਼ਰਕੀ ਵਜੋਂ ਹੋਈ ਹੈ। ਰਮਨਦੀਪ ਦੀ ਮੌਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਪੁਲਿਸ ਚੌਕੀ ਬਿਲਾਸਪੁਰ ਵਿੱਚ ਤਾਇਨਾਤ ਏ.ਐੱਸ.ਆਈ. ਕਮਲਦੀਪ ਸਿੰਘ ਨੇ ਦੱਸਿਆ ਕਿ ਰਮਨਦੀਪ ਸਿੰਘ ਕਰੀਬ ਡੇਢ ਮਹੀਨਾ ਪਹਿਲਾਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਹਾਦਸੇ ਤੋਂ ਤੁਰੰਤ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਹ ਆਪਣੇ ਸਹੁਰੇ ਘਰ ਰਹਿ ਕੇ ਆਪਣਾ ਇਲਾਜ ਕਰਵਾ ਰਿਹਾ ਸੀ। ਹਾਲਾਂਕਿ, ਬੀਤੇ ਦਿਨ ਉਸ ਦੀ ਤਬੀਅਤ ਅਚਾਨਕ ਵਿਗੜ ਗਈ ਅਤੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।
ਪੁਲਿਸ ਨੇ ਘਟਨਾ ਦੀ ਸੂਚਨਾ ਮਿਲਦੇ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਮੋਗਾ ਵਿਖੇ ਪੋਸਟਮਾਰਟਮ ਲਈ ਭੇਜਿਆ ਗਿਆ। ਜ਼ਰੂਰੀ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਏ.ਐੱਸ.ਆਈ. ਕਮਲਦੀਪ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
---







